ਬੰਗਾ, 18 ਅਕਤੂਬਰ-(ਮਨਜਿੰਦਰ ਸਿੰਘ )
ਐਸ. ਐਸ. ਪੀ ਅਲਕਾ ਮੀਨਾ ਦੀ ਅਗਵਾਈ ਵਿਚ ਜ਼ਿਲਾ ਪੁਲਿਸ ਵੱਲੋਂ 21 ਅਕਤੂਬਰ ਨੂੰ ਮਨਾਏ ਜਾ ਰਹੇ ਪੁਲਿਸ ਸ਼ਹੀਦੀ ਦਿਵਸ ਸਬੰਧੀ ਹਫ਼ਤਾ ਭਰ ਚੱਲਣ ਵਾਲੀਆਂ ਗਤੀਵਿਧੀਆਂ ਤਹਿਤ ਅੱਜ ਬੰਗਾ ਵਿਖੇ ਸ਼ਹੀਦ ਪੁਲਿਸ ਜਵਾਨਾਂ ਨੂੰ ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਸਥਾਨਕ ਪੁਲਿਸ ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨਾਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਣ ਦਾ ਅਹਿਦ ਲਿਆ ਗਿਆ।
ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ, ਜਿਨਾਂ ਵਿਚੋਂ 6 ਜਵਾਨ ਬੰਗਾ ਸਬ-ਡਵੀਜ਼ਨ ਨਾਲ ਸਬੰਧਤ ਹਨ। ਉਨਾਂ ਕਿਹਾ ਕਿ ਪੰਜਾਬ ਨੂੰ ਕਾਲੇ ਦੌਰ ਵਿਚੋਂ ਕੱਢਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਇਹ ਸ਼ਹੀਦ ਜਵਾਨ ਸਾਡਾ ਵਡਮੁੱਲਾ ਸਰਮਾਇਆ ਹਨ ਅਤੇ ਇਨਾਂ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ।
No comments:
Post a Comment